ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> ਇਹ ਮੇਰਾ ਗੀਤ

ਇਹ ਮੇਰਾ ਗੀਤ

ਇਹ ਮੇਰਾ ਗੀਤ ਕਿਸੇ ਨਾ ਗਾਣਾ
ਇਹ ਮੇਰਾ ਗੀਤ ਮੈਂ ਆਪੇ ਗਾ ਕੇ
ਭਲਕੇ ਹੀ ਮਰ ਜਾਣਾ
ਇਹ ਮੇਰਾ ਗੀਤ ਕਿਸੇ ਨਾ ਗਾਣਾ !
ਇਹ ਮੇਰਾ ਗੀਤ ਧਰਤ ਤੋਂ ਮੈਲਾ
ਸੂਰਜ ਜੇਡ ਪੁਰਾਣਾ
ਕੋਟ ਜਨਮ ਤੋਂ ਪਿਆ ਅਸਾਨੂੰ
ਇਸ ਦਾ ਬੋਲ ਹੰਢਾਣਾ
ਹੋਰ ਕਿਸੇ ਦੀ ਜਾਹ ਨਾ ਕਈ
ਇਸ ਨੂੰ ਹੋਠੀਂ ਲਾਣਾ
ਇਹ ਤਾਂ ਮੇਰੇ ਨਾਲ ਜਨਮਿਆ
ਨਾਲ ਬਹਿਸ਼ਤਾਂ ਜਾਣਾਂ !
ਇਹ ਮੇਰਾ ਗੀਤ ਮੈਂ ਆਪੇ ਗਾ ਕੇ
ਭਲਕੇ ਹੀ ਮਰ ਜਾਣਾ !

ਏਸ ਗੀਤ ਦਾ ਅਜਬ ਜਿਹਾ ਸੁਰ
ਡਾਢਾ ਦਰਦ ਰੰਞਾਣਾ
ਕੱਤਕ ਮਾਹ ਵਿਚ ਦੂਰ ਪਹਾੜੀਂ
ਕੂੰਜਾਂ ਦਾ ਕੁਰਲਾਣਾ
ਨੂਰ-ਪਾਕ ਦੇ ਵੇਲੇ ਰੱਖ ਵਿੱਚ
ਚਿੜੀਆਂ ਦਾ ਚਿਚਲਾਣਾ
ਕਾਲੀ ਰਾਤੇ ਸਰਕੜਿਆਂ ਤੋਂ
ਪੌਣਾਂ ਦਾ ਲੰਘ ਜਾਣਾ !
ਇਹ ਮੇਰਾ ਗੀਤ ਮੈਂ ਆਪੇ ਗਾ ਕੇ
ਭਲਕੇ ਹੀ ਮਰ ਜਾਣਾ !

ਮੈਂ ਤੇ ਮੇਰੇ ਗੀਤ ਨੇ ਦੋਹਾਂ
ਜਦ ਭਲਕੇ ਮਰ ਜਾਣਾ
ਬਿਰਹੋਂ ਦੇ ਘਰ ਜਾਈਆਂ ਸਾਨੂੰ
ਕਬਰੀਂ ਲੱਭਣ ਆਉਣਾਂ
ਸਭਨਾਂ ਸਈਆਂ ਇੱਕ ਆਵਾਜ਼ੇ
ਮੁੱਖੋ ਬੋਲ ਅਲਾਣਾ:
ਕਿਸੇ ਕਿਸੇ ਦੇ ਲੇਖੀਂ ਹੁੰਦਾ
ਏਡਾ ਦਰਦ ਕਮਾਣਾ !
ਇਹ ਮੇਰਾ ਗੀਤ ਕਿਸੇ ਨਾ ਗਾਣਾ
ਇਹ ਮੇਰਾ ਗੀਤ ਮੈਂ ਆਪੇ ਗਾ ਕੇ
ਭਲਕੇ ਹੀ ਮਰ ਜਾਣਾ
ਇਹ ਮੇਰਾ ਗੀਤ ਕਿਸੇ ਨਾ ਗਾਣਾ !

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar