ਹੌਲੀ ਸਹਿਜ ਸਭਿਉ ਦੀ ਗੱਲ ਕੀਚੇ ਨਾਹੀਂ ਕੜਕੀਏ ਬੋਲੀਏ ਗੱਜੀਏ ਨੀ
ਲਖ ਝੁਟ ਤਰਲੇ ਫਿਰੇ ਕੋਈ ਕਰਦਾ ਦਿੱਤੇ ਰੱਬ ਦੇ ਬਾਜ਼ ਨਾ ਰੱਜੀਏ ਜੀ
ਧਿਆਨ ਰੱਬ ਤੇ ਰੱਖ ਨਾ ਹੋ ਤੱਤੀ ਲਖ ਔਗਣਾਂ ਹੋਣ ਤਾਂ ਕੱਜੀਏ ਨੀ
ਅਸੀਂ ਨਜ਼ਰ ਕਰੀਏ ਤੁਰਤ ਹੋਣ ਚੰਗੇ ਜਿਨ੍ਹਾਂ ਰੋਗੀਆਂ ਤੇ ਜਾ ਵੱਜੀਏ ਨੀ
ਚੌਦਾਂ ਤਬਕ ਨੌ ਖੰਡ ਦੀ ਖਬਰ ਸਾਨੂੰ ਮੂੰਹ ਫਕਰ ਥੋਂ ਕਾਸ ਨੂੰ ਕੱਜੀਏ ਨੀ
ਜੈਂਦੇ ਹੁਕਮ ਵਿੱਚ ਜਾਨ ਤੇ ਮਾਲ ਆਲਮ ਓਸ ਰੱਬ ਥੋਂ ਕਾਸ ਨੂੰ ਭੱਜੀਏ ਨੀ
ਸਾਰੀ ਉਮਰ ਈ ਪਲੰਘ ਤੇ ਪਈ ਰਹਿਸੇਂ ਏਸ ਅਕਲ ਦੇ ਨਾਲ ਕੁਚੱਜੀਏ ਨੀ
ਸ਼ਰਮ ਜੇਠ ਤੇ ਸੌਹਰਿਉਂ ਕਰਨ ਆਈ ਮੂੰਹ ਫਕਰ ਥੋਂ ਕਾਸਨੂੰ ਲੱਜੀਏ ਨੀ
ਵਾਰਸ ਸ਼ਾਹ ਤਾਂ ਇਸ਼ਕ ਦੀ ਨਬਜ਼ ਦਿਸੇ ਜਦੋਂ ਆਪਨੀ ਜਾਨ ਨੂੰ ਤੱਜੀਏ ਨੀ