ਇਕ ਮੇਰੀ ਅਧਖੜ ਜਿਹੀ ਆਵਾਜ਼ ਹੈ
ਦੂਸਰੇ ਹੈ ਨਜ਼ਮ ਸੋ ਨਾਰਾਜ਼ ਹੈ
ਇਹ ਹੈ ਮੇਰੀ ਨਜ਼ਮ ਦੀ ਨਰਾਜ਼ਗੀ
ਪਿੰਜਰਾ ਹਾਂ ਮੈਂ ਤੇ ਉਹ ਪਰਵਾਜ਼ ਹੈ
ਕੁਛ ਨਾ ਕਹਿ ਖਾਮੋਸ਼ ਰਹਿ ਓ ਸ਼ਾਇਰਾ
ਸਭ ਨੂੰ ਤੇਰੇ ਕਹਿਣ ਤੇ ਇਤਰਾਜ਼ ਹੈ
ਸੁਣ ਤੇਰੀ ਆਵਾਜ਼ ਉਹ ਆ ਜਾਣਗੇ
ਹੱਥ ਜਿਨਾਂ ਦੇ ਸੀਨੇ-ਵਿੰਨਵਾਂ ਸਾਜ਼ ਹੈ
ਗੀਤ ਤੇਰੇ ਮੁਖਬਰੀ ਕਰ ਦੇਣਗੇ
ਤੇਰੀ ਹਿਕ ਵਿਚ ਰੌਸ਼ਨੀ ਦਾ ਰਾਜ਼ ਹੈ
ਜੋ ਜਗੇ ਉਸ ਦਾ ਨਿਸ਼ਾਨਾ ਬੰਨ੍ਹਦਾ
ਰਾਤ ਦਾ ਹਾਕਮ ਨਿਸ਼ਾਨੇਬਾਜ਼ ਹੈ
ਉਹ ਕਿ ਜਿਸ ਦੀ ਜਾਨ ਹੀ ਨ੍ਹੇਰੇ 'ਚ ਹੈ
ਉਸ ਨੂੰ ਸਾਡੇ ਜਗਣ ਤੇ ਇਤਰਾਜ਼ ਹੈ
ਤਗਮਿਆਂ ਦੀ ਥਾਂ ਤੇ ਹਿਕ ਵਿਚ ਗੋਲੀਆਂ
ਇਹ ਵੀ ਇਕ ਸਨਮਾਨ ਦਾ ਅੰਦਾਜ਼ ਹੈ
ਇਹ ਨਹੀਂ ਆਕਾਸ਼ਵਾਣੀ ਦੋਸਤੋ
ਇਹ ਤਾਂ ਧੁਖਦੀ ਧਰਤ ਦੀ ਆਵਾਜ਼ ਹੈ