ਸ਼ਹਿਰ ਤੇਰੇ ਤਰਕਾਲਾਂ ਢਲੀਆਂ
ਗਲ ਲੱਗ ਰੋਈਆਂ ਤੇਰੀਆਂ ਗਲੀਆਂ
ਯਾਦਾਂ ਦੇ ਵਿਚ ਮੁੜ ਮੁੜ ਸੁਲਗਣ
ਮਹਿੰਦੀ ਲਗੀਆਂ ਤੇਰੀਆਂ ਤਲੀਆਂ
ਮੱਥੇ ਦਾ ਦੀਵਾ ਨਾ ਬਲਿਆ
ਤੇਲ ਤਾਂ ਪਾਇਆ ਭਰ ਭਰ ਪਲੀਆਂ
ਇਸ਼ਕ ਮੇਰੇ ਦੀ ਸਾਲ-ਗਿਰ੍ਹਾ 'ਤੇ
ਇਹ ਕਿਸ ਘੱਲੀਆਂ ਕਾਲੀਆਂ ਕਲੀਆਂ
'ਸ਼ਿਵ' ਨੂੰ ਯਾਰ ਆਏ ਜਦ ਫੂਕਣ
ਸਿਤਮ ਤੇਰੇ ਦੀਆਂ ਗੱਲਾਂ ਚਲੀਆਂ