ਕੋਈ ਅਸਾਂ ਜਿਹਾ ਵਲੀ ਸਿਧ ਨਾਹੀਂ ਜੱਗ ਆਂਵਦਾ ਨਜ਼ਰ ਜ਼ਹੂਰ ਜੇਹਾ
ਦਸਤਾਰ ਬਜਵਾੜਿਉਂ ਖੂਬ ਆਵੇ ਅਤੇ ਬਾਫਤਾ ਨਹੀਂ ਕਸੂਰ ਜੇਹਾ
ਕਸ਼ਮੀਰ ਜੇਹਾ ਕੋਈ ਮੁਲਕ ਨਾਹੀਂ ਨਹੀਂ ਚਾਣਨਾ ਚੰਦ ਦੇ ਨੂਰ ਜੇਹਾ
ਅੱਗੇ ਨਜ਼ਰ ਦੇ ਮਜ਼ਾ ਮਾਅਸ਼ੂਕ ਦਾ ਹੈ ਅਤੇ ਢੋਲ ਨਾ ਸੋਂਹਦਾ ਦੂਰ ਜੇਹਾ
ਨਹੀਂ ਰੰਨ ਕੁਲੱਛਨੀ ਤੁਧ ਜੇਹੀ ਨਹੀਂ ਜ਼ਲਜ਼ਲਾ ਹਸ਼ਰ ਦੇ ਸੂਰ ਜੇਹਾ
ਸਹਿਤੀ ਜੇਡ ਨਾ ਹੋਰ ਝਗੜੈਲ ਕੋਈ ਅਤੇ ਸੁਹਣਾ ਹੋਰ ਨਾ ਤੂਰ ਜੇਹਾ
ਖੇੜਿਆਂ ਜੇਡ ਨਾ ਨੇਕ ਕੋਈ ਕੋਈ ਥਾਂਉਂ ਨਾ ਬੈਤ ਮਾਅਮੂਰ ਜੇਹਾ
ਸਹਿਜ ਵਸਦੀਆਂ ਜੇਡ ਨਾਲ ਭਲਾ ਕੋਈ ਬੁਰਾ ਨਹੀਂ ਹੈ ਕੰਮ ਫਤੂਰ ਜਿਹਾ
ਹਿੰਗ ਜੇਡ ਨਾ ਹੋਰ ਬਦਬੂ ਕੋਈ ਬਾਸਦਾਰ ਨਾ ਹੋਰ ਕਚੂਰ ਜੇਹਾ
ਵਾਰਸ ਸ਼ਾਹ ਜੇਹਾ ਗੁਨਾਹਗਾਰ ਨਾਹੀਂ ਕੋਈ ਤਾਓ ਨਾ ਤਪਤ ਤੰਦੂਰ ਜਿਹਾ