ਅਸਾਂ ਮਿਹਨਤਾਂ ਡਾਢੀਆਂ ਕੀਤੀਆਂ ਨੇ ਅਨੀ ਗੁੰਡੀਏ ਠੇਠਰੇ ਜੱਟੀਏ ਨੀ
ਕਰਾਮਾਤ ਫਕੀਰ ਦੀ ਦੇਖ ਨਾਹੀਂ ਖੈਰ ਰੱਬ ਤੋਂ ਮੰਗ ਕੁਪੱਤੀਏ ਨੀ
ਕੰਨ ਪਾਟਿਆਂ ਨਾਲ ਨਾ ਜ਼ਿਦ ਕੀਚੇ ਅੰਨ੍ਹੇ ਖੂਹ ਵਿੱਚ ਝਾਤ ਨਾ ਘੱਤੀਏ ਨੀ
ਮਸਤੀ ਨਾਲ ਤਕੱਬਰੀ ਰਾਤ ਦਿਨੇ ਕਦੀ ਹੋਸ਼ ਦੀ ਅੱਖ ਪਰਤੀਏ ਨੀ
ਕੋਈ ਦੁਖ ਤੇ ਦਰਦ ਨਾ ਰਹੇ ਭੋਰਾ ਝਾੜਾ ਮਿਹਰ ਦਾ ਜਿਨ੍ਹਾਂ ਨੂੰ ਘੱਤੀਏ ਨੀ
ਪੜ੍ਹ ਫੂਕੀਏ ਇੱਕ ਅਜ਼ਮਤ ਸੈਫੀ ਜੜ ਜਿੰਨ ਤੇ ਭੂਤ ਦੀ ਪੱਟੀਏ ਨੀ
ਤੇਰੀ ਭਾਬੀ ਦੇ ਦੁਖੜੇ ਦੂਰ ਹੋਵਨ ਅਸੀਂ ਮਿਹਰ ਜੇ ਚਾ ਪਲੱਟੀਏ ਨੀ
ਮੂੰਹੋਂ ਮਿਠੜਾ ਬੋਲ ਤੇ ਮੋਮ ਹੋਜਾ ਤਿੱਖੀ ਹੋ ਨਾ ਕਮਲੀਏ ਜੱਟੀਏ ਨੀ
ਜਾਂਦੇ ਸਭ ਆਜ਼ਾਰ ਯਕੀਨ ਕਰਕੇ ਵਾਰਸ ਸ਼ਾਹ ਦੇ ਪੈਰ ਜੇ ਚੱਟੀਏ ਨੀ