ਮੈਂ ਬਣਾਵਾਂਗਾ ਹਜ਼ਾਰਾਂ ਵੰਝਲੀਆਂ ਮੈਂ ਸੋਚਿਆ ਸੀ
ਦੇਖਿਆ ਤਾਂ ਦੂਰ ਤਕ ਬਾਂਸਾਂ ਦਾ ਜੰਗਲ ਜਲ ਰਿਹਾ ਸੀ
ਆਦਮੀ ਦੀ ਪਿਆਸ ਕੈਸੀ ਸੀ ਕਿ ਸਾਗਰ ਕੰਬਦੇ ਸੀ
ਆਦਮੀ ਦੀ ਭੁੱਖ ਕਿੰਨੀ ਸੀ ਕਿ ਜੰਗਲ ਡਰ ਗਿਆ ਸੀ
ਲੋਕ ਕਿੱਥੇ ਜਾ ਰਹੇ ਸਨ ਲੋਕਤਾ ਨੂੰ ਮਿੱਧ ਕੇ
ਮਸਲ ਕੇ ਇਨਸਾਨੀਅਤ ਇਨਸਾਨ ਕਿੱਧਰ ਜਾ ਰਿਹਾ ਸੀ
ਕਿਸ ਤਰਾਂ ਦੀ ਦੌੜ ਸੀ, ਪੈਰਾਂ 'ਚ ਅੱਖਰ ਰੁਲ ਰਹੇ ਸਨ
ਓਹੀ ਅੱਖਰ ਜਿਹਨਾਂ ਅੰਦਰ ਮੰਜ਼ਿਲਾਂ ਦਾ ਥਹੁ ਪਤਾ ਸੀ
ਅਗਨ ਜਦ ਉੱਠੀ ਮੇਰੇ ਤਨ ਮਨ ਤਾਂ ਮੈਂ ਵੀ ਦੌੜਿਆ
ਪਰ ਤੇਰਾ ਹੰਝੂ ਮੇਰੇ ਰਾਹਾਂ 'ਚ ਦਰਿਆ ਬਣ ਗਿਆ ਸੀ
ਸੁੱਕ ਗਿਆ ਹਰ ਬਿਰਖ ਉਸ ਨੂੰ ਤਰਸਦਾ ਜਿਹੜੀ ਘੜੀ
ਕੁਆਰੀਆਂ ਕਣੀਆਂ ਨੇ ਲੈਰੇ ਪੱਤਿਆਂ 'ਤੇ ਬਰਸਣਾ ਸੀ
ਮੁੜ ਤਾਂ ਆਈਆਂ ਮੱਛਲੀਆਂ ਆਖਰ ਨੂੰ ਪੱਥਰ ਚੱਟ ਕੇ
ਪਰ ਉਨ੍ਹਾਂ ਦੇ ਮੁੜਨ ਤਕ ਪਾਣੀ ਵੀ ਪੱਥਰ ਹੋ ਗਿਆ ਸੀ